ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਸੰਬੰਧੀ ਡਿਪਟੀ ਕਮਿਸ਼ਨਰ ਵਲੋ ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ


ਜਲੰਧਰ (ਸੌਰਬ ਗੁਪਤਾ)ਆਉਣ ਵਾਲੀ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਅਤੇ ਲੋੜੀਂਦੀਆਂ ਪ੍ਰਕਿਰਿਆਵਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਸਥਾਨਕ ਜ਼ਿਲ੍ਹਾ ਪ੍ਰਸਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਸਬੰਧਿਤ ਡੀ.ਐਸ.ਪੀਜ਼ ਨੂੰ ਸੈਕਟਰ ਅਫ਼ਸਰਾਂ ਨਾਲ ਤਾਲਮੇਲ ਕਰਕੇ ਜਲਦ ਤੋਂ ਜਲਦ ਫੀਲਡ ਵੈਰੀਫਿਕੇਸ਼ਨ ਕਰਨ ਉਪਰੰਤ ਮੁਕੰਮਲ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਇਹ ਰਿਪੋਰਟ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਲਦ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾਉਣ ਤਾਂ ਜੋ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੁਰੱਖਿਆ ਆਦਿ ਦੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਾਰੇ ਵਿਧਾਨਸਭਾ ਹਲਕਿਆਂ ਵਿੱਚ ਵੋਟਾਂ ਦੀ ਖ਼ਰੀਦੋ ਫਰੋਖਤ ਵਾਲੀਆਂ ਥਾਵਾਂ (ਐਕਸਪੈਂਡੀਚਰ ਸੈਂਸਟਿਵ ਪਾਕਟ) ਦੀ ਵੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ।